ਪੰਜਾਬ ‘ਚ ਆਉਣ ਵਾਲੇ ਚਾਰ ਦਿਨਾਂ ਵਿੱਚ ਮੀਂਹ ਦੀ ਸੰਭਾਵਨਾ, ਕਈ ਜ਼ਿਲ੍ਹਿਆਂ ਲਈ ਜਾਰੀ ਹੋਇਆ ਯੈਲੋ ਅਲਰਟ
ਚੰਡੀਗੜ੍ਹ – ਪੰਜਾਬ ਦੇ ਲੋਕਾਂ ਨੂੰ ਅੱਜ ਤੋਂ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਦੀ ਉਮੀਦ ਹੈ, ਕਿਉਂਕਿ ਮੌਸਮ ਵਿਭਾਗ ਵੱਲੋਂ ਅਗਲੇ ਚਾਰ ਦਿਨਾਂ (16, 18, 19 ਤੇ 20 ਅਪ੍ਰੈਲ) ਲਈ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਦੇ ਅਨੁਸਾਰ, 18 ਅਤੇ 19 ਅਪ੍ਰੈਲ ਨੂੰ ਕਈ ਜ਼ਿਲ੍ਹਿਆਂ ਵਿਚ ਤੇਜ਼ ਹਵਾ ਅਤੇ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ‘ਚ ਥੋੜ੍ਹਾ ਵਾਧਾ ਹੋਇਆ ਹੈ, ਜੋ ਆਮ ਤਾਪਮਾਨ ਨਾਲੋਂ 2 ਡਿਗਰੀ ਵੱਧ ਦਰਜ ਕੀਤਾ ਗਿਆ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਚ 41.2 ਡਿਗਰੀ ਰਿਹਾ, ਜਦਕਿ ਬਾਕੀ ਜ਼ਿਲ੍ਹਿਆਂ ‘ਚ ਘੱਟੋ-ਘੱਟ ਤਾਪਮਾਨ 20 ਡਿਗਰੀ ਦੇ ਨੇੜੇ ਰਿਹਾ।
ਭਾਰਤੀ ਮੌਸਮ ਵਿਗਿਆਨ ਕੇਂਦਰ ਅਨੁਸਾਰ, ਨਵਾਂ ਪੱਛਮੀ ਪ੍ਰਭਾਵ ਅੱਜ ਤੋਂ ਸਰਗਰਮ ਹੋ ਰਿਹਾ ਹੈ, ਜਿਸ ਨਾਲ ਮੌਸਮ ਵਿੱਚ ਤਬਦੀਲੀ ਆਵੇਗੀ। ਅੱਜ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ, ਐੱਸ.ਏ.ਐੱਸ. ਨਗਰ ਅਤੇ ਫ਼ਤਹਿਗੜ੍ਹ ਸਾਹਿਬ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
18 ਅਤੇ 19 ਅਪ੍ਰੈਲ ਨੂੰ ਇਨ੍ਹਾਂ ਛੇ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾ ਲਈ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ, ਚਾਰ ਦਿਨਾਂ ਬਾਅਦ ਤਾਪਮਾਨ ‘ਚ 2 ਤੋਂ 4 ਡਿਗਰੀ ਦੀ ਗਿਰਾਵਟ ਆ ਸਕਦੀ ਹੈ, ਜਿਸ ਨਾਲ ਗਰਮੀ ਤੋਂ ਥੋੜ੍ਹੀ ਹੋਰ ਰਾਹਤ ਮਿਲੇਗੀ।